ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ਸੈਕਟਰ 17 ਸਥਿਤ ਆਪਣੇ ਦਫ਼ਤਰ ਵਿਖੇ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਸਬੰਧੀ ਪ੍ਰੈਸ ਕਾਨਫਰੰਸ ਕੀਤੀ। ਇਸ ਮੌਕੇ ਉਨ੍ਹਾਂ ਨੇ ਆਦਰਸ਼ ਚੋਣ ਜ਼ਾਬਤੇ (ਐਮ.ਸੀ.ਸੀ.) ਨੂੰ ਸਹੀ ਅਤੇ ਸੁਚੱਜੇ ਢੰਗ ਨਾਲ ਲਾਗੂ ਕਰਨ ਦੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ ਤਾਂ ਜੋ ਸੂਬੇ ਵਿੱਚ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਯਕੀਨੀ ਬਣਾਈਆਂ ਜਾ ਸਕਣ। ਉਨ੍ਹਾਂ ਵੇਰਵਿਆਂ ਦਿੰਦਿਆਂ ਦੱਸਿਆ ਕਿ 16 ਮਾਰਚ ਤੋਂ 18 ਮਾਰਚ, 2024 ਤੱਕ ਸੂਬੇ ਭਰ ਵਿੱਚ 24,433 ਕੰਧ ਲਿਖਤਾਂ, 15,653 ਪੋਸਟਰਾਂ, 7,511 ਬੈਨਰਾਂ ਅਤੇ 23,916 ਜਾਇਦਾਦਾਂ ਤੇ ਲਿਖੀਆਂ ਹੋਰ ਲਿਖਤਾਂ ਨੂੰ ਹਟਾਇਆ ਗਿਆ ਹੈ।

ਉਨ੍ਹਾਂ ਜ਼ੋਰ ਦਿੰਦਿਆ ਕਿਹਾ ਕਿ ਬਲ ਅਤੇ ਪੈਸੇ ਦੀ ਤਾਕਤ ਦੀ ਦੁਰਵਰਤੋਂ ਨੂੰ ਰੋਕਣ ਲਈ ਵਿਆਪਕ ਉਪਰਾਲੇ ਕੀਤੇ ਗਏ ਹਨ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਦੱਸਿਆ ਕਿ ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ ਅਤੇ ਇਲਾਕੇ ਦੀ ਸੰਵੇਦਨਸ਼ੀਲਤਾਂ ਦੇ ਆਧਾਰ ‘ਤੇ ਵਾਧੂ ਤਾਇਨਾਤੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਇੱਕ ਮਜ਼ਬੂਤ ਜ਼ਬਤੀ ਪ੍ਰਬੰਧਨ ਪ੍ਰਣਾਲੀ ਲਾਗੂ ਕੀਤੀ ਗਈ ਹੈ, ਜਿਸ ਦੇ ਨਤੀਜੇ ਵਜੋਂ 1 ਮਾਰਚ, 2024 ਤੋਂ ਹੁਣ ਤੱਕ 113.45 ਕਰੋੜ ਰੁਪਏ ਦੀਆਂ ਜ਼ਬਤੀਆਂ ਹੋਈਆਂ ਹਨ।

ਸਿਬਿਨ ਸੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਮੀਡੀਆ ਚੋਣ ਕਮਿਸ਼ਨ ਦੀਆਂ ਅੱਖਾਂ ਅਤੇ ਕੰਨਾਂ ਵਜੋਂ ਕੰਮ ਕਰੇ ਤਾਂ ਜੋ ਚੋਣਾਂ ਆਜ਼ਾਦ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹੀਆਂ ਜਾ ਸਕਣ। ਮੁੱਖ ਚੋਣ ਅਧਿਕਾਰੀ ਨੇ ਵਚਨਬੱਧਤਾ ਪ੍ਰਗਟਾਈ ਕਿ ਉਹ ਮੀਡੀਆ ਨਾਲ ਸਰਗਰਮੀ ਨਾਲ ਜੁੜੇ ਰਹਿਣਗੇ ਅਤੇ ਮੀਡੀਆ ਰਾਹੀਂ ਮਹੱਤਵਪੂਰਨ ਜਾਣਕਾਰੀਆਂ ਲੋਕਾਂ ਤੱਕ ਪੁੱਜਦੀਆਂ ਕਰਨਗੇ।

 

News Pedia24:

This website uses cookies.